ਠੇਕੇਦਾਰਾਂ ਤੋਂ ਕੋਈ ਰਿਸ਼ਵਤ ਮੰਗਣ ਦੀ ਜੁਰੱਅਤ ਨਹੀਂ ਕਰੇਗਾ: ਮਾਨ
.jpg)
ਚੰਡੀਗੜ੍ਹ, 23 ਅਪਰੈਲ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ 19 ਹਜ਼ਾਰ ਕਿਲੋਮੀਟਰ ਦੀਆਂ ਸੜਕਾਂ ਨੂੰ ਉੱਚ ਪੱਧਰੀ ਤੇ ਮਿਆਰੀ ਬਣਾਉਣ ਵਾਲੇ ਪ੍ਰਾਜੈਕਟ ਦਾ ਆਗਾਜ਼ ਕੀਤਾ। ਮੁੱਖ ਮੰਤਰੀ ਨੇ ਇੱਥੋਂ ਦੇ ਟੈਗੋਰ ਥੀਏਟਰ ਵਿੱਚ ‘ਸੜਕ ਢਾਂਚਾ ਵਿਕਾਸ ਮਿਲਣੀ’ ਦੌਰਾਨ ਕਿਹਾ ਕਿ ਸੂਬੇ ਵਿੱਚ 64878 ਕਿਲੋਮੀਟਰ ਲਿੰਕ ਸੜਕਾਂ ਹਨ। ਸਰਕਾਰ ਵੱਲੋਂ 3500 ਕਰੋੜ ਰੁਪਏ ਦੀ ਲਾਗਤ ਨਾਲ 18944 ਕਿਲੋਮੀਟਰ ਲਿੰਕ ਸੜਕਾਂ ਨੂੰ ਨਵੀਨੀਕਰਨ ਅਤੇ ਅੱਪਗ੍ਰੇਡ ਕੀਤਾ ਜਾਵੇਗਾ। ਇਨ੍ਹਾਂ ਵਿੱਚੋਂ ਬਹੁਤੀਆਂ ਸੜਕਾਂ ਅਜਿਹੀਆਂ ਹਨ ਜੋ ਛੇ ਸਾਲ ਦਾ ਨਿਰਧਾਰਤ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਨਹੀਂ ਬਣੀਆਂ ਸਨ। ਉਨ੍ਹਾਂ ਕਿਹਾ ਕਿ ਸੜਕਾਂ ਦਾ ਨਿਰਮਾਣ ਕਰਨ ਵਾਲੀ ਕੰਪਨੀ ਜਾਂ ਠੇਕੇਦਾਰ ਅਗਲੇ ਪੰਜ ਸਾਲ ਇਨ੍ਹਾਂ ਸੜਕਾਂ ਦੇ ਰੱਖ-ਰਖਾਅ ਲਈ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਸੜਕਾਂ ਦੇ ਨਿਰਮਾਣ ਵਿੱਚ ਫੈਲੇ ਭ੍ਰਿਸ਼ਟਾਚਾਰ ਕਰਕੇ ਸੜਕਾਂ ਦੀ ਹਾਲਤ ਮਾੜੀ ਰਹਿੰਦੀ ਸੀ ਪਰ ਹੁਣ ਇਹ ਭ੍ਰਿਸ਼ਟ ਪ੍ਰਥਾ ਖਤਮ ਹੋ ਗਈ ਹੈ। ਇਸ ਲਈ ਠੇਕੇਦਾਰਾਂ ਨੂੰ ਉਸਾਰੀਆਂ ਜਾਣ ਵਾਲੀਆਂ ਸੜਕਾਂ ਦੀ ਗੁਣਵੱਤਾ ’ਤੇ ਪੂਰਾ ਧਿਆਨ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਠੇਕੇਦਾਰਾਂ ਤੋਂ ਕੋਈ ਰਿਸ਼ਵਤ ਮੰਗਣ ਦੀ ਜੁਰੱਅਤ ਨਹੀਂ ਕਰੇਗਾ, ਪਰ ਸੜਕਾਂ ਦੀ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਜੇ ਕੋਈ ਅਧਿਕਾਰੀ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ ਅਤੇ ਠੇਕੇਦਾਰਾਂ ਦਰਮਿਆਨ ਤਾਲਮੇਲ ਕਮੇਟੀ ਬਣਾਈ ਜਾਵੇਗੀ ਤਾਂ ਜੋ ਸੜਕਾਂ ਦੇ ਨਿਰਮਾਣ ਵਿੱਚ ਸਾਰੇ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਮਾਈਨਿੰਗ ਲਈ ਵਰਤੀਆਂ ਜਾਂਦੀਆਂ 78 ਲਿੰਕ ਸੜਕਾਂ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕਰਨ ਦਾ ਫੈਸਲਾ ਲਿਆ ਹੈ। ਇਨ੍ਹਾਂ 389.17 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਚੌੜਾਈ ’ਤੇ 266.27 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫੰਡ ਅਧੀਨ 6857 ਕਰੋੜ ਰੁਪਏ ਦੇ ਫੰਡ ਰੋਕ ਦਿੱਤੇ ਹੋਏ ਹਨ ਕਿਉਂਕਿ ਪਿਛਲੀ ਸਰਕਾਰ ਨੇ ਇਸ ਯੋਜਨਾ ਅਧੀਨ ਫੰਡਾਂ ਨੂੰ ਕਿਧਰੇ ਹੋਰ ਵਰਤ ਲਿਆ ਸੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਵੱਲੋਂ ਹਰ ਜ਼ਿਲ੍ਹੇ ਵਿੱਚ ਵਧੀਆ ਕੰਮ ਕਰਨ ਵਾਲੇ ਠੇਕੇਦਾਰ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਭਜਨ ਸਿੰਘ ਈਟੀਓ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਮੌਜੂਦ ਸਨ।
ਵਿਗਿਆਨਕ ਸਬੂਤਾਂ ਨਾਲ ਵਾਪਸ ਆਈ ਆਯੁਰਵੇਦ ਦੀ ਭਰੋਸੇਯੋਗਤਾ, ਖੋਜ ਨੇ ਵਧਾਇਆ ਭਰੋਸਾ
ਭਾਰਤ ਦਾ ਸਮਰਥਨ ਕਰਨ 'ਤੇ ਇਸ ਮਸ਼ਹੂਰ ਅਦਾਕਾਰਾ ਨੂੰ ਮਿਲ ਰਹੀਆਂ ਧਮਕੀਆਂ
ਡੇਅਰੀਆਂ ਤਬਦੀਲ ਹੋਣ ਨਾਲ ਸੀਵਰੇਜ ਜਾਮ ਤੋਂ ਮਿਲੇਗੀ ਰਾਹਤ: ਕੋਹਲੀ