
ਕਰਾਲਾ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ
- Patiala
- February 23, 2022
- No Comment
- 48
ਪਿੰਡ ਕਰਾਲਾ ਵਿਖੇ ਬਰਸਾਤੀ ਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਜਲਦੀ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਨ੍ਹਾਂ ਨੂੰ ਨੈਸ਼ਨਲ ਹਾਈਵੇ ਜਾਮ ਕਰਨ ਲਈ ਮਜਬੂਰ ਹੋਣਾ ਪਵੇਗਾ।
ਪਿੰਡ ਦੇ ਵਸਨੀਕ ਗੁਰਚਰਨ ਸਿੰਘ, ਜੋਗਿੰਦਰ ਸਿੰਘ, ਹਰਰੂਪ ਸਿੰਘ, ਹਰਬੰਸ ਸਿੰਘ, ਜਗਜੀਤ ਜੱਗੀ, ਗੁਰਵਿੰਦਰ ਕਾਲਾ, ਲਖਵਿੰਦਰ ਸਿੰਘ ਕਰਾਲਾ, ਦਰਸ਼ਨ ਸਿੰਘ, ਅਜਮੇਰ ਕੌਰ, ਲਾਭ ਕੌਰ ਤੇ ਸ਼ੇਰ ਕੌਰ ਤੋਂ ਇਲਾਵਾ ਹੋਰ ਦਰਜ਼ਨ ਦੇ ਕਰੀਬ ਵਸਨੀਕਾਂ ਨੇ ਪਿੰਡ ਦੀਆਂ ਗਲੀਆਂ ‘ਚ ਭਰੇ ਪਾਣੀ ਨੂੰ ਦਿਖਾਉਂਦੇ ਹੋਏ ਦੱਸਿਆ ਕਿ ਪਿੰਡ ਦੇ ਨੇੜੇ ਬਣੀ ਇਕ ਕਾਲੋਨੀ ਦੇ ਪ੍ਰਬੰਧਕਾਂ ਵੱਲੋਂ ਪਿੰਡ ਦੇ ਪਾਣੀ ਦੀ ਨਿਕਾਸੀ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿਚ ਨਾਲ ਲੱਗਦੇ ਅੱਧਾ ਦਰਜਨ ਦੇ ਕਰੀਬ ਪਿੰਡਾਂ ਦਾ ਬਰਸਾਤੀ ਪਾਣੀ ਆਉਂਦਾ ਹੈ ਪਰ ਉਕਤ ਕਾਲੋਨੀ ਦੇ ਪ੍ਰਬੰਧਕਾਂ ਵੱਲੋਂ ਮਿੱਟੀ ਦਾ ਭਰਤ ਪਾ ਕੇ ਤੇ ਕੰਧ ਕਰ ਦੇਣ ਕਾਰਨ ਪਿੰਡ ਦੇ ਬਰਸਾਤੀ ਪਾਣੀ ਤੋਂ ਇਲਾਵਾ ਗੰਦੇ ਪਾਣੀ ਦੀ ਨਿਕਾਸੀ ਵੀ ਬੰਦ ਹੋ ਗਈ ਹੈ, ਜਿਸ ਕਾਰਨ ਪਿੰਡ ਦੀਆਂ ਗਲੀਆਂ, ਨਾਲੀਆਂ, ਖਾਲੀ ਥਾਂਵਾਂ ‘ਤੇ ਕਈ ਵਿਅਕਤੀਆਂ ਦੇ ਘਰਾਂ ਵਿਚ ਪਾਣੀ ਭਰ ਜਾਣ ਕਾਰਨ ਬਹੁਤ ਪ੍ਰਰੇਸ਼ਾਨ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਇਸ ਮਾਮਲੇ ਬਾਰੇ ਪਹਿਲਾਂ ਵੀ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ ਪਰ ਕਾਲੋਨੀ ਦੇ ਪ੍ਰਬੰਧਕਾਂ ਦੀ ਸਿਆਸੀ ਆਗੂਆਂ ਨਾਲ ਅਸਰ ਰਸੂਖ ਹੋਣ ਕਾਰਨ ਮਾਮਲੇ ਦੀ ਸੁਣਵਾਈ ਨਹੀਂ ਹੋ ਰਹੀ। ਪਿੰਡ ਵਾਸੀਆਂ ਨੇ ਕਿਹਾ ਕਿ ਗਲੀਆਂ ‘ਚ ਖੜ੍ਹੇ ਪਾਣੀ ਕਾਰਨ ਪਿੰਡ ਵਾਸੀ ਬਹੁਤ ਪਰੇਸ਼ਾਨ ਹਨ ਤੇ ਕਦੇ ਵੀ ਭਿਆਨਕ ਬਿਮਾਰੀ ਦੀ ਲਪੇਟ ‘ਚ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਆਪਣੇ ਘਰਾਂ ‘ਚ ਵੜਨਾ ਤੇ ਨਿਕਲਣਾ ਵੀ ਮੁਸ਼ਕਲ ਹੋਇਆ ਪਿਆ ਹੈ। ਜਿਸ ਤੋਂ ਭੜਕੇ ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਜਲਦੀ ਯੋਗ ਪ੍ਰਬੰਧ ਨਾ ਕੀਤਾ ਗਿਆ ਤਾਂ ਉਹ ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਨੂੰ ਅਣਮਿੱਥੇ ਸਮੇਂ ਲਈ ਜਾਮ ਕਰ ਦੇਣਗੇ। ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਵੇਗੀ।