
ਸੰਯੁਕਤ ਕਿਸਾਨ ਮੋਰਚੇ ਵੱਲੋਂ 11 ਤੋਂ 17 ਅਪ੍ਰੈਲ ਤੱਕ ਦੇਸ਼ ਭਰ ਵਿੱਚ ਐੱਮਐੱਸਪੀ ਹਫ਼ਤਾ ਮਨਾਇਆ ਜਾਵੇਗਾ: ਟਿਕੈਤ
- Patiala
- April 1, 2022
- No Comment
- 58
ਸੰਯੁਕਤ ਕਿਸਾਨ ਮੋਰਚੇ ਵੱਲੋਂ 11 ਤੋਂ 17 ਅਪ੍ਰੈਲ ਤੱਕ ਦੇਸ਼ ਭਰ ਵਿੱਚ ਐੱਮਐੱਸਪੀ ਹਫ਼ਤਾ ਮਨਾਇਆ ਜਾਵੇਗਾ। ਇਹ ਐਲਾਨ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਰਾਕੇਸ਼ ਟਿਕੈਤ ਨੇ ਇੱਥੋਂ ਦੇ ਸਵਾਮੀ ਵਿਵੇਕਾਨੰਦ ਗਰੁੱਪ ਆਫ਼ ਇੰਸਟੀਚਿਊਟ ਵੱਲੋਂ ਅੱਜ ਕਰਾਏ ਗਏ ਕਿਸਾਨ ਮੇਲੇ ਵਿੱਚ ਸ਼ਿਰਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਮੋਰਚੇ ਦੇ ਆਗੂ ਡਾ ਦਰਸ਼ਨ ਪਾਲ ਅਤੇ ਹਰਿੰਦਰ ਸਿੰਘ ਲੱਖੋਵਾਲ ਵੀ ਮੌਜੂਦ ਸਨ।
ਸ੍ਰੀ ਟਿਕੈਤ ਨੇ ਦੱਸਿਆ ਕਿ ਇਸ ਸਪਤਾਹ ਦੌਰਾਨ ਦੇਸ਼ ਭਰ ਵਿੱਚ ਸੈਮੀਨਾਰ, ਰੈਲੀਆਂ, ਮੀਟਿੰਗਾਂ ਕਰਕੇ ਕੇਂਦਰ ਸਰਕਾਰ ਉੱਤੇ ਸਮੁੱਚੇ ਦੇਸ਼ ਵਿੱਚੋਂ ਫ਼ਸਲਾਂ ਦੀਆਂ ਸਰਕਾਰ ਵੱਲੋਂ ਨਿਰਧਾਰਿਤ ਕੀਤੀਆਂ ਜਾਂਦੀਆਂ ਕੀਮਤਾਂ ਦੇ ਅਨੁਸਾਰ ਖ੍ਰੀਦ ਯਕੀਨੀ ਬਣਾਉਣ ਲਈ ਕਿਸਾਨਾਂ ਅਤੇ ਦੇਸ਼ ਵਾਸੀਆਂ ਨੂੰ ਲਾਮਬੰਦ ਕੀਤਾ ਜਾਵੇਗਾ।ਟਿਕੈਤ ਨੇ ਦੱਸਿਆ ਕਿ ਕੇਂਦਰ ਕੋਲੋਂ ਦੇਸ਼ ਵਿੱਚ ਐਮਐਸਪੀ ਲਾਗੂ ਕਰਾਉਣ ਤੇ ਕਿਸਾਨਾਂ ਦੀਆਂ ਹੋਰ ਮੰਗਾਂ ਪੂਰੀਆਂ ਕਰਾਉਣ ਲਈ ਸਯੁੰਕਤ ਕਿਸਾਨ ਮੋਰਚਾ ਪੂਰੀ ਤਨਦੇਹੀ ਨਾਲ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਤੇਲ ਦੀਆਂ ਨਿੱਤ ਦਿਨ ਵੱਧ ਰਹੀਆਂ ਕੀਮਤਾਂ ਅਤੇ ਟੌਲ ਪਲਾਜ਼ਿਆਂ ਦੀਆਂ ਵਧਾਈਆਂ ਦਰਾਂ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਸੋਚਣਾ ਚਾਹੀਦਾ ਹੈ ਕਿ ਇਹ ਵਾਧਾ ਉਦੋਂ ਕਿਉਂ ਆਰੰਭ ਹੋਇਆ, ਜਦੋਂ ਯੂਪੀ ਤੇ ਹੋਰਨਾਂ ਰਾਜਾਂ ਵਿੱਚ ਚੋਣ ਅਮਲ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਇਹ ਗੱਲਾਂ ਭਵਿੱਖ ਵਿੱਚ ਵੀ ਯਾਦ ਰੱਖਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਰਾਜਾਂ ਨਾਲ ਵਿਤਕਰਾ ਤੁਰੰਤ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਨੂੰ ਕੇਂਦਰੀ ਪੂਲ ਤੋਂ ਬਿਜਲੀ ਨਾ ਦੇਣ ਦੇ ਫੈਸਲੇ ਅਤੇ ਪ੍ਰੀ-ਪੇਡ ਮੀਟਰਾਂ ਦਾ ਵੀ ਵਿਰੋਧ ਕੀਤਾ।ਕਿਸਾਨ ਆਗੂ ਡਾ ਦਰਸ਼ਨ ਪਾਲ ਨੇ ਇਸ ਮੌਕੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨ ਮੰਗਾਂ ਤੋਂ ਜਾਣੂ ਕਰਾਉਣ ਅਤੇ ਮੰਗ ਪੱਤਰ ਦੇਣ ਲਈ ਸਮਾਂ ਮੰਗਿਆ ਜਾ ਰਿਹਾ ਹੈ ਤੇ ਸਮਾਂ ਮਿਲਦਿਆਂ ਹੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਕਿਸਾਨੀ ਮੰਗਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣਗੀਆਂ।
ਲੱਖੋਵਾਲ ਯੂਨੀਅਨ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਇਸ ਮੌਕੇ ਆਖਿਆ ਕਿ ਪੰਜਾਬ ਸਰਕਾਰ ਨੂੰ ਸੂਰਜਮੁਖੀ ਅਤੇ ਸਰੋਂ ਦੀ ਫਸਲ ਸਰਕਾਰੀ ਕੀਮਤ ਉੱਤੇ ਖ੍ਰੀਦਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨਿਰਧਾਰਿਤ ਕੀਮਤ ਤੋਂ ਫ਼ਸਲ ਘੱਟ ਕੀਮਤ ਉੱਤੇ ਖਰੀਦੀ ਗਈ ਤਾਂ ਸੰਯੁਕਤ ਕਿਸਾਨ ਮੋਰਚਾ ਇਸ ਦਾ ਵਿਰੋਧ ਕਰੇਗਾ ਅਤੇ ਸੰਘਰਸ਼ ਕੀਤਾ ਜਾਵੇਗਾ।ਕਿਸਾਨ ਮੇਲੇ ਵਿੱਚ ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਇੱਕਜੁੱਟ ਹੋ ਕੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਜਾਰੀ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਸਵਾਈਟ ਗਰੁੱਪ ਦੇ ਚੇਅਰਮੈਨ ਅਸ਼ਵਨੀ ਗਰਗ, ਪ੍ਰਧਾਨ ਅਸ਼ੋਕ ਗਰਗ, ਸਾਹਿਲ ਗਰਗ ਅਤੇ ਵਿਸ਼ਾਲ ਗਰਗ ਦੀ ਅਗਵਾਈ ਹੇਠ ਕਿਸਾਨ ਆਗੂਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਅਤੇ ਪਸ਼ੂਆਂ ਨਾਲ ਸਬੰਧਿਤ ਸਮੱਗਰੀ ਬਣਾਉਣ ਵਾਲੀਆਂ ਦੋ ਦਰਜਨ ਤੋਂ ਵੱਧ ਕੰਪਨੀਆਂ ਨੇ ਆਪਣੀਆਂ ਪ੍ਰਦਰਸ਼ਨੀਆਂ ਲਾਈਆਂ। ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਤੋਂ ਜਾਣੂ ਕਰਾਇਆ ਗਿਆ। ਇਸ ਮੌਕੇ ਕਿਸਾਨ ਆਗੂ ਧਰਮਪਾਲ ਸਿੰਘ ਸੀਲ, ਗੁਰਦਰਸ਼ਨ ਸਿੰਘ ਖਾਸਪੁਰ, ਮੋਹਨ ਸਿੰਘ ਸੋਢੀ, ਸਰਪੰਚ ਗੁਰਵਿੰਦਰ ਸਿੰਘ ਸਮੇਤ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਵੀ ਮੌਜੂਦ ਸਨ।