
ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਟਿਆਲਾ ’ਚ ਹੋਈ ਘਟਨਾ ਨੂੰ ਦੱਸਿਆ ਮੰਦਭਾਗਾ
- PatialaPoliticsPunjab
- April 29, 2022
- No Comment
- 109
ਪਟਿਆਲਾ ’ਚ ਦੋ ਧਿਰਾਂ ਵਿਚਾਲੇ ਹੋਈ ਝੜੱਪ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਦੱਸਦੇ ਹੋਏ ਸਰਕਾਰ ਕੋਲੋਂ ਇਸ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਾਰਿਆਂ ਦਾ ਆਪਣੇ-ਆਪਣੇ ਧਰਮਾਂ ਦੇ ਆਸਥਾ ਕੇਂਦਰ ਹਨ ਅਤੇ ਧਰਮ ਦਾ ਮੁੱਦਾ ਬਹੁਤ ਹੀ ਸੰਵੇਦਨਸ਼ੀਲ ਹੁੰਦਾ ਹੈ। ਸਰਕਾਰ ਨੂੰ ਇਸ ’ਚ ਕੋਈ ਰਾਜਨੀਤਿ ਨਹੀਂ ਕਰਨੀ ਚਾਹੀਦੀ। ਸ਼ਰਮਾ ਨੇ ਕਿਹਾ ਕਿ ਸਰਕਾਰ ਦਾ ਫਰਜ਼ ਹੈ ਕਿ ਉਹ ਆਪਣੇ ਸੂਬੇ ਨੂੰ ਧਰਮ ਪ੍ਰਤੀ ਚੰਗਾ ਵਾਤਾਵਰਣ ਮੁਹੱਈਆ ਕਰਵਾਏ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੰਦਰ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲੱਗਣਾ ਬਹੁਤ ਹੀ ਮੰਦਭਾਗੀ ਘਟਨਾ ਹੈ। ਇਹ ਸਭ ਕੁਝ ਪੰਜਾਬ ਤੇ ਪੰਜਾਬ ਦੇ ਭਾਈਚਾਰੇ ਨੂੰ ਕਮਜ਼ੋਰ ਕਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ। ‘ਆਪ’ ਸਰਕਾਰ ’ਤੇ ਨਿਸ਼ਾਨਾ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਸੱਤਾ ’ਚ ਆਈ ਹੈ ਹਰ ਦਿਨ ਕਤਲ, ਕਿਸਾਨਾਂ ਵਲੋਂ ਖ਼ੁਦਕੁਸ਼ੀਆਂ, ਧਰਨਾ ਲਗਾਏ ਜਾ ਰਹੇ ਹਨ ਅਤੇ ਅਜਿਹਾ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ ਕਿ ਸਰਕਾਰ ਬਣੇ ਨੂੰ ਅਜਿਹਾ ਥੋੜ੍ਹਾ ਸਮਾਂ ਹੀ ਹੋਇਆ ਹੈ ਅਤੇ ਪੰਜਾਬ ਦਾ ਮਾਹੌਲ ਅਸ਼ਾਂਤ ਬਣ ਚੁੱਕਾ ਹੈ।
ਸ਼ਰਮਾ ਨੇ ਅੱਗੇ ਕਿਹਾ ਕਿ ਫੇਸਬੁੱਕ ’ਤੇ 15 ਦਿਨਾਂ ਤੋਂ ਇਕ ਦੂਜੇ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਨਤੀਜੇ ਵਜੋਂ ਅੱਜ ਦੇ ਦਿਨ ਇਹ ਅਣਸੁਖਾਵੀਂ ਘਟਨਾ ਵਾਪਰ ਗਈ। ਉਨ੍ਹਾਂ ਸਰਕਾਰ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੂੰ ਸੱਤਾ ’ਚ ਆਉਣ ਤੋਂ ਪਹਿਲਾਂ ਦਿੱਤੀਆਂ ਗਈਆਂ ਗਾਰੰਟੀਆਂ ’ਤੇ ਧਿਆਨ ਦੇਣਾ ਚਾਹੀਦਾ ਹੈ ਨਾ ਕਿ ਪਬਲਸਿਟੀ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ’ਚ ਹੋਈ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਵਿਰੋਧੀ ਤਾਕਤਾਂ ਦਾ ਪਰਦਾਫਾਸ਼ ਕਰਨਾ ਸਰਕਾਰ ਦਾ ਕੰਮ ਹੈ ਕਿ ਅਜਿਹੀਆਂ ਘਟਨਾ ਲਈ ਕੌਣ ਜ਼ਿੰਮੇਵਾਰ ਹੈ।