
ਸਰਕਾਰ ਜਲਦ ਹੀ ਕਿਸਾਨਾਂ ਤੇ ਮਾਹਿਰਾਂ ਦੀ ਰਾਏ ਨਾਲ ਨਵੀਂ ਖੇਤੀਬਾੜੀ ਨੀਤੀ ਦਾ ਕਰੇਗੀ ਐਲਾਨ
- PoliticsPunjab
- January 4, 2023
- No Comment
- 26
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਜਲਦ ਹੀ ਕਿਸਾਨਾਂ ਤੇ ਖੇਤੀ ਮਾਹਿਰਾਂ ਦੀ ਰਾਏ ਲੈ ਕੇ ਨਵੀਂ ਖੇਤੀਬਾੜੀ ਨੀਤੀ ਦਾ ਐਲਾਨ ਕਰੇਗੀ ਤਾਂ ਜੋ ਕਿਸਾਨਾਂ ਨੂੰ ਸੰਕਟ ’ਚੋਂ ਕੱਢਿਆ ਜਾ ਸਕੇ। ਮੁੱਖ ਮੰਤਰੀ ਨੇ ਅੱਜ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਖੇਤੀਬਾੜੀ ਵਿਭਾਗ ਅਤੇ ਪੀ. ਏ. ਯੂ. ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ, ਜਿਸ ’ਚ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਤੇ ਬੀਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ’ਚ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਆਉਣ ਵਾਲੀਆਂ ਫਸਲਾਂ ਸਬੰਧੀ ਫ਼ੈਸਲੇ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕਰ ਕੇ ਹੀ ਲਏ ਜਾਣ ਅਤੇ ਜਲਦ ਹੀ ਕਿਸਾਨਾਂ ਤੇ ਮਾਹਿਰਾਂ ਦੀ ਸਲਾਹ ਨਾਲ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ। ਮੀਟਿੰਗ ’ਚ ਮੁੱਖ ਮੰਤਰੀ ਤੋਂ ਇਲਾਵਾ ਅਡੀਸ਼ਨਲ ਮੁੱਖ ਸਕੱਤਰ ਏ. ਵੇਣੂੰ ਪ੍ਰਸਾਦ ਤੇ ਹੋਰ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਕਿਸਾਨ ਇਸ ਸਮੇਂ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਝੋਨੇ ਦੇ ਚੱਕਰ ’ਚੋਂ ਕੱਢਣ ਲਈ ਵੀ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਹੋਰ ਫ਼ਸਲਾਂ ਬੀਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਖੇਤੀਬਾੜੀ ਨੀਤੀ ਬਣਾਉਣ ਸਮੇਂ ਕਿਸਾਨਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਅਤੇ ਇਨ੍ਹਾਂ ਸਮੱਸਿਆਵਾਂ ’ਚੋਂ ਉਨ੍ਹਾਂ ਨੂੰ ਬਾਹਰ ਕੱਢਣ ਲਈ ਪੂਰੀ ਤਰ੍ਹਾਂ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਅਤੇ ਇਸ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਬਜਾਏ ਹੋਰ ਬਦਲਵੀਆਂ ਫ਼ਸਲਾਂ ਅਪਣਾਉਣੀਆਂ ਪੈਣਗੀਆਂ।