
ਕਾਂਗਰਸ ਹਾਈਕਮਾਨ ਨੇ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਨੋਟਿਸ ਜਾਰੀ ਕੀਤਾ
- Punjab
- April 11, 2022
- No Comment
- 110
ਕਾਂਗਰਸ ਹਾਈਕਮਾਨ ਨੇ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕਮਾਨ ਨੇ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਜਵਾਬ ਤਲਬ ਕੀਤਾ ਹੈ। ਹਾਲ ਹੀ ‘ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਚਿੱਠੀ ਲਿਖ ਕੇ ਸ਼ਿਕਾਇਤ ਕੀਤੀ ਸੀ। ਇਸ ਮਗਰੋਂ ਅਨੁਸ਼ਾਸਨੀ ਕਮੇਟੀ ਨੇ ਇਹ ਫੈਸਲਾ ਲਿਆ ਹੈ।
ਅੱਜ ਅਨੁਸ਼ਾਸਨੀ ਕਮੇਟੀ ਦੀ ਅਹਿਮ ਮੀਟਿੰਗ ਕਾਂਗਰਸ ਵਾਰ ਰੂਮ ਵਿੱਚ ਹੋਈ। ਮੀਟਿੰਗ ਵਿੱਚ ਏਕੇ ਐਂਟਨੀ, ਤਾਰਿਕ ਅਨਵਰ, ਜੇਪੀ ਅਗਰਵਾਲ ਤੇ ਹੋਰ ਮੈਂਬਰ ਵੀ ਹਾਜ਼ਰ ਸਨ। ਮੀਟਿੰਗ ਵਿੱਚ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਸਾਬਕਾ ਕੇਂਦਰੀ ਮੰਤਰੀ ਕੇਵੀ ਥਾਮਸ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਯਾਦ ਰਹੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਸੀ। ਮੀਟਿੰਗ ਤੋਂ ਬਾਅਦ ਕਾਂਗਰਸੀ ਆਗੂ ਤਾਰਿਕ ਅਨਵਰ ਨੇ ਦੱਸਿਆ ਕਿ ਸੁਨੀਲ ਜਾਖੜ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਜਵਾਬ ਤਲਬ ਕੀਤਾ ਹੈ।
ਦੱਸ ਦਈਏ ਕਾਂਗਰਸ ਹਾਈਕਮਾਂਡ ਪਾਰਟੀ ਅੰਦਰ ਚੱਲ ਰਹੀ ਉਥਲ-ਪੁਥਲ ਦੇ ਮੱਦੇਨਜ਼ਰ ਅਨੁਸ਼ਾਸਨ ਦੀ ਉਲੰਘਣਾ ਕਰਨ ਵਾਲੇ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਮੂਡ ਵਿੱਚ ਹੈ। ਪੰਜਾਬ ਦੀ ਲੀਡਰਸ਼ਿਪ ਨਾਲ ਅੱਜ ਦਿੱਲੀ ਵਿੱਚ ਹੋਈ ਰਾਹੁਲ ਗਾਂਧੀ ਨਾਲ ਮੀਟਿੰਗ ਵਿੱਚ ਵੀ ਬਾਗੀ ਸੁਰ ਅਪਣਾਉਣ ਵਾਲੇ ਆਗੂਆਂ ਬਾਰੇ ਵਿਚਾਰ-ਵਟਾਂਦਰਾ ਹੋਇਆ ਹੈ।
ਇਸ ਤੋਂ ਪਹਿਲਾਂ ਐਤਵਾਰ ਨੂੰ ਕਾਂਗਰਸ ਹਾਈਕਮਾਂਡ ਨੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵਿਖਾ ਕੇ ਸਖਤ ਸੰਕੇਤ ਦਿੱਤੇ ਹਨ। ਧੀਮਾਨ ਨੇ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਉਣ ‘ਤੇ ਟਿੱਪਣੀ ਕੀਤੀ ਸੀ।
ਸੂਤਰਾਂ ਦਾ ਕਹਿਣਾ ਹੈ ਕਿ ਹਾਈਕਮਾਂਡ ਬਾਗੀ ਸੁਰਾਂ ਵਾਲੇ ਹੋਰ ਲੀਡਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰ ਸਕਦੀ ਹੈ। ਪਾਰਟੀ ਹਾਈਕਮਾਂਡ ਹੁਣ ਹਰ ਕੀਮਤ ‘ਤੇ ਪਾਰਟੀ ਅੰਦਰ ਅਨੁਸ਼ਾਸਨ ਕਾਇਮ ਰੱਖਣਾ ਚਾਹੁੰਦੀ ਹੈ ਤੇ ਇਸ ਲਈ ਉਹ ਕੋਈ ਵੀ ਸਖ਼ਤ ਕਦਮ ਚੁੱਕ ਸਕਦੀ ਹੈ।